ਮੋਹਾਲੀ 9 ਜੂਨ. ਭਾਰਤੀ ਜਨਤਾ ਪਾਰਟੀ ਦੀ ਰਾਸ਼ਟਰੀ ਕਾਰਜਕਾਰਨੀ ਮੈਂਬਰ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਪੰਜਾਬ ਵਿੱਚ ਵੱਧ ਰਹੀਆਂ ਮੋਟਰ ਚੋਰੀ ਦੀਆਂ ਘਟਨਾਵਾਂ 'ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਹ ਕਿਸਾਨਾਂ ਦੀ ਮਿਹਨਤ ਅਤੇ ਰੋਜ਼ੀ-ਰੋਟੀ 'ਤੇ ਸਿੱਧਾ ਹਮਲਾ ਹੈ। ਪੱਖੀ ਕਲਾਂ ਵਿੱਚ ਇੱਕੋ ਪਿੰਡ ਅੰਦਰ 25 ਤੋਂ ਵੱਧ ਪਾਣੀ ਵਾਲੀਆਂ ਮੋਟਰਾਂ ਚੋਰੀ ਹੋਣ ਦੀ ਘਟਨਾ ਨੇ ਪੂਰੇ ਇਲਾਕੇ ਦੇ ਕਿਸਾਨਾਂ ਨੂੰ ਡਰ ਅਤੇ ਚਿੰਤਾ ਵਿੱਚ ਪਾ ਦਿੱਤਾ ਹੈ। ਇਹ ਸਿਰਫ਼ ਚੋਰੀ ਦੀ ਘਟਨਾ ਨਹੀਂ, ਸਗੋਂ ਪਿੰਡਾਂ ਦੀ ਕਾਨੂੰਨ-ਵਿਵਸਥਾ ਅਤੇ ਸੁਰੱਖਿਆ ਪ੍ਰਬੰਧਾਂ 'ਤੇ ਵੀ ਗੰਭੀਰ ਸਵਾਲ ਖੜ੍ਹੇ ਕਰਦੀ ਹੈ।
ਬੀਬੀ ਰਾਮੂਵਾਲੀਆ ਨੇ ਕਿਹਾ ਕਿ ਇੱਕ ਮੋਟਰ ਸਿਰਫ਼ ਇੱਕ ਮਸ਼ੀਨ ਨਹੀਂ ਹੁੰਦੀ, ਸਗੋਂ ਕਿਸਾਨ ਦੀ ਫਸਲ, ਉਸਦੀ ਮਿਹਨਤ ਅਤੇ ਉਸਦੇ ਪਰਿਵਾਰ ਦੀ ਰੋਜ਼ੀ-ਰੋਟੀ ਨਾਲ ਸਿੱਧੇ ਤੌਰ 'ਤੇ ਜੁੜੀ ਹੁੰਦੀ ਹੈ। ਮੋਟਰ ਦੀ ਚੋਰੀ ਕਾਰਨ ਕਿਸਾਨ ਨੂੰ ਆਰਥਿਕ ਨੁਕਸਾਨ ਦੇ ਨਾਲ-ਨਾਲ ਫਸਲਾਂ ਅਤੇ ਕੀਮਤੀ ਸਮੇਂ ਦਾ ਵੀ ਭਾਰੀ ਨੁਕਸਾਨ ਝੱਲਣਾ ਪੈਂਦਾ ਹੈ।
ਬੀਬੀ ਰਾਮੂਵਾਲੀਆ ਨੇ ਕਿਹਾ ਕਿ ਪੰਜਾਬ ਵਿੱਚ ਦਿਨੋ-ਦਿਨ ਚੋਰੀਆਂ, ਲੁੱਟ-ਖੋਹ, ਗੈਂਗਵਾਰਾਂ ਅਤੇ ਹੋਰ ਅਪਰਾਧਿਕ ਘਟਨਾਵਾਂ ਵਿੱਚ ਵਾਧਾ ਹੋ ਰਿਹਾ ਹੈ, ਪਰ ਸੂਬਾ ਸਰਕਾਰ ਹਾਲਾਤਾਂ 'ਤੇ ਕਾਬੂ ਪਾਉਣ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਪੱਖੀ ਕਲਾਂ ਦੀ ਘਟਨਾ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਬੇਹੱਦ ਚਿੰਤਾਜਨਕ ਬਣ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਦਲਾਅ ਦੀ ਆਸ ਨਾਲ ਸਰਕਾਰ ਨੂੰ ਮੌਕਾ ਦਿੱਤਾ ਸੀ, ਪਰ ਅੱਜ ਹਰ ਵਰਗ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ। ਪੱਖੀ ਕਲਾਂ ਦੀ ਘਟਨਾ ਨੇ ਸਾਬਤ ਕਰ ਦਿੱਤਾ ਹੈ ਕਿ ਸਰਕਾਰ ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਕਰਨ ਵਿੱਚ ਅਸਫਲ ਰਹੀ ਹੈ ਅਤੇ ਪੰਜਾਬ ਵਿੱਚ ਲਾਅ ਐਂਡ ਆਰਡਰ ਪੂਰੀ ਤਰ੍ਹਾਂ ਡਗਮਗਾ ਚੁੱਕਾ ਹੈ।

Comments
Post a Comment