ਵਿਧਾਨ ਸਭਾ ’ਚ ਬਿੱਲ ਪਾਸ ਹੋਏ, ਪਰ ਪੰਜਾਬ ਦੇ ਅਸਲ ਮੁੱਦਿਆਂ ’ਤੇ ਸਰਕਾਰ ਕਦੋਂ ਦੇਵੇਗੀ ਜਵਾਬ?: ਅਮਨਜੋਤ ਕੌਰ ਰਾਮੂਵਾਲੀਆ


ਮੋਹਾਲੀ, 11 ਅਗਸਤ: ਪੰਜਾਬ ਵਿਧਾਨ ਸਭਾ ਦਾ ਇਜਲਾਸ ਸਮਾਪਤ ਹੋਣ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਦੀ ਕੌਮੀ ਕਾਰਜਕਾਰਣੀ ਮੈਂਬਰ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਪੰਜਾਬ ਸਰਕਾਰ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਵਿਧਾਨ ਸਭਾ ਵਿੱਚ 9 ਬਿੱਲ ਪਾਸ ਕਰ ਦੇਣਾ ਹੀ ਸਰਕਾਰ ਦੀ ਕਾਰਗੁਜ਼ਾਰੀ ਦਾ ਪੈਮਾਨਾ ਨਹੀਂ ਹੋ ਸਕਦਾ। ਸਰਕਾਰ ਨੂੰ ਇਹ ਵੀ ਦੱਸਣਾ ਪਵੇਗਾ ਕਿ ਜਿਹੜੇ ਮੁੱਦੇ ਲੰਮੇ ਸਮੇਂ ਤੋਂ ਪੰਜਾਬ ਦੇ ਲੋਕਾਂ, ਮੁਲਾਜ਼ਮਾਂ ਅਤੇ ਵੱਖ-ਵੱਖ ਵਰਗਾਂ ਵੱਲੋਂ ਉਠਾਏ ਜਾ ਰਹੇ ਹਨ, ਉਨ੍ਹਾਂ ਦਾ ਹੱਲ ਕਿੱਥੇ ਹੈ।

ਉਨ੍ਹਾਂ ਕਿਹਾ ਕਿ ਜਦੋਂ ਵਿਧਾਨ ਸਭਾ ਦਾ ਇਜਲਾਸ ਚੱਲ ਰਿਹਾ ਸੀ, ਉਸੇ ਸਮੇਂ ਅਧਿਆਪਕਾਂ, ਸਫ਼ਾਈ ਕਰਮਚਾਰੀਆਂ ਅਤੇ ਵੱਖ-ਵੱਖ ਸਰਕਾਰੀ ਮੁਲਾਜ਼ਮਾਂ ਵੱਲੋਂ ਆਪਣੇ ਹੱਕਾਂ ਲਈ ਧਰਨੇ-ਪ੍ਰਦਰਸ਼ਨ ਕੀਤੇ ਜਾ ਰਹੇ ਸਨ। ਮੁਲਾਜ਼ਮਾਂ ਦੇ DA ਅਤੇ ਹੋਰ ਬਕਾਇਆ ਮਸਲੇ ਅਜੇ ਵੀ ਸਰਕਾਰ ਤੋਂ ਜਵਾਬ ਮੰਗ ਰਹੇ ਹਨ।

ਉਨ੍ਹਾਂ ਕਿਹਾ ਕਿ ਹਾਲਾਤ ਇੱਥੋਂ ਤੱਕ ਪਹੁੰਚ ਗਏ ਕਿ ਵਿਧਾਨ ਸਭਾ ਦੇ ਆਪਣੇ ਹੀ ਕਰਮਚਾਰੀਆਂ ਵੱਲੋਂ ਵਿਧਾਨ ਸਭਾ ਦੇ ਬਾਹਰ ਰੋਸ ਮੁਜ਼ਾਹਰਾ ਕੀਤਾ ਗਿਆ। ਇਹ ਸਰਕਾਰ ਲਈ ਗੰਭੀਰ ਸਵਾਲ ਹੈ ਕਿ ਜਿਸ ਸੰਸਥਾ ਵਿੱਚ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ’ਤੇ ਚਰਚਾ ਹੋਣੀ ਸੀ, ਉਸੇ ਸੰਸਥਾ ਦੇ ਕਰਮਚਾਰੀ ਆਪਣੀਆਂ ਮੰਗਾਂ ਲਈ ਬਾਹਰ ਆ ਕੇ ਪ੍ਰਦਰਸ਼ਨ ਕਰਨ ਲਈ ਮਜਬੂਰ ਕਿਉਂ ਹੋਏ?

ਬੀਬੀ ਰਾਮੂਵਾਲੀਆ ਨੇ ਕਿਹਾ ਕਿ ਬਿਜਲੀ ਵਿਭਾਗ ਅਤੇ ਹੋਰ ਸਰਕਾਰੀ ਅਦਾਰਿਆਂ ਦੇ ਵਿੱਤੀ ਬੋਝ ਤੇ ਕਰਜ਼ੇ, ਅਤੇ ਪੰਜਾਬ ਦੀਆਂ ਯੂਨੀਵਰਸਿਟੀਆਂ ਦੀ ਵਿੱਤੀ ਹਾਲਤ ਵੀ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉੱਚ ਸਿੱਖਿਆ ਦੀਆਂ ਸੰਸਥਾਵਾਂ ਜੇਕਰ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੀਆਂ ਹਨ ਤਾਂ ਸਰਕਾਰ ਨੂੰ ਇਸ ਬਾਰੇ ਸਪੱਸ਼ਟ ਰੋਡਮੈਪ ਪੰਜਾਬ ਦੇ ਸਾਹਮਣੇ ਰੱਖਣਾ ਚਾਹੀਦਾ ਹੈ।

ਉਨ੍ਹਾਂ ਸਵਾਲ ਕੀਤਾ ਕਿ ਇੱਕ ਪਾਸੇ ਸਰਕਾਰ ਪੰਜਾਬ ਦੀ ਤਰੱਕੀ ਦੇ ਦਾਅਵੇ ਕਰਦੀ ਹੈ, ਦੂਜੇ ਪਾਸੇ ਅਧਿਆਪਕ, ਸਫ਼ਾਈ ਕਰਮਚਾਰੀ, ਸਰਕਾਰੀ ਮੁਲਾਜ਼ਮ ਅਤੇ ਵਿਦਿਅਕ ਸੰਸਥਾਵਾਂ ਆਪਣੇ ਹੱਕਾਂ ਅਤੇ ਵਿੱਤੀ ਸਹਾਇਤਾ ਲਈ ਸੰਘਰਸ਼ ਕਰ ਰਹੇ ਹਨ—ਇਹ ਕਿਹੜੀ ਤਰੱਕੀ ਹੈ?

ਬੀਬੀ ਰਾਮੂਵਾਲੀਆ ਨੇ ਕਿਹਾ ਕਿ ਵਿਧਾਨ ਸਭਾ ਵਿੱਚ ਬਿੱਲ ਪਾਸ ਕਰਨਾ ਜ਼ਰੂਰੀ ਹੈ, ਪਰ ਵਿਧਾਨ ਸਭਾ ਤੋਂ ਬਾਹਰ ਖੜ੍ਹੇ ਪੰਜਾਬ ਦੇ ਲੋਕਾਂ ਦੀ ਆਵਾਜ਼ ਸੁਣਨਾ ਉਸ ਤੋਂ ਵੀ ਵੱਧ ਜ਼ਰੂਰੀ ਹੈ।

Comments