Encounter In Amritsar : ਏ.ਐਸ.ਆਈ. ਹਰਜੀਤ ਸਿੰਘ ਦਾ ਭਗਤਾਂ ਵਾਲਾ ਦਾਣਾ ਮੰਡੀ ਇਲਾਕੇ ਵਿੱਚ ਗੋਲੀਆਂ ਮਾਰ ਕੇ ਕਤਲ ਮਾਮਲੇ ਚ ਪੁਲਿਸ ਨੇ ਘੇਰ ਲਿਆ ਮੁਲਜ਼ਮ
ਅੰਮ੍ਰਿਤਸਰ: ਬੀਤੇ ਦਿਨੀਂ ਥਾਣਾ ਹਕੀਮਾਂ ਗੇਟ ਵਿਖੇ ਤੈਨਾਤ ਏ.ਐਸ.ਆਈ. ਹਰਜੀਤ ਸਿੰਘ ਦਾ ਭਗਤਾਂ ਵਾਲਾ ਦਾਣਾ ਮੰਡੀ ਇਲਾਕੇ ਵਿੱਚ ਗੋਲੀਆਂ ਮਾਰ ਕੇ ਕਤਲ ਕਰਨ ਦੇ ਮਾਮਲੇ ਵਿੱਚ ਅੰਮ੍ਰਿਤਸਰ ਪੁਲਿਸ ਨੂੰ ਵੱਡੀ ਕਾਰਵਾਈ ਦੌਰਾਨ ਇੱਕ ਮੁਲਜ਼ਮ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ, ਜਦਕਿ ਦੂਜਾ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਵੱਲੋਂ ਫਰਾਰ ਮੁਲਜ਼ਮ ਦੀ ਭਾਲ ਲਈ ਵੱਖ-ਵੱਖ ਟੀਮਾਂ ਬਣਾਕੇ ਛਾਪੇਮਾਰੀ ਕੀਤੀ ਜਾ ਰਹੀ ਹੈ।
ਜਾਣਕਾਰੀ ਮੁਤਾਬਕ ਏ.ਐਸ.ਆਈ. ਹਰਜੀਤ ਸਿੰਘ ਭਗਤਾਂ ਵਾਲਾ ਦਾਣਾ ਮੰਡੀ ਵਿਖੇ ਪੈਟਰੋਲਿੰਗ ਕਰ ਰਹੇ ਸਨ। ਇਸ ਦੌਰਾਨ ਦੋ ਹਮਲਾਵਰ ਐਕਟਿਵਾ ’ਤੇ ਸਵਾਰ ਹੋ ਕੇ ਉੱਥੇ ਪਹੁੰਚੇ ਅਤੇ ਉਨ੍ਹਾਂ ਨੇ ਹਰਜੀਤ ਸਿੰਘ ’ਤੇ ਗੋਲੀਆਂ ਚਲਾ ਦਿੱਤੀਆਂ। ਗੰਭੀਰ ਜ਼ਖ਼ਮੀ ਹੋਣ ਕਾਰਨ ਹਰਜੀਤ ਸਿੰਘ ਦੀ ਮੌਤ ਹੋ ਗਈ ਸੀ। ਵਾਰਦਾਤ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਵੱਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਨਾਕਾਬੰਦੀ ਕਰਕੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਸੀ।
ਇਸੇ ਤਹਿਤ ਅੱਜ ਥਾਂਦੇ ਰੋਡ ’ਤੇ ਪੁਲਿਸ ਵੱਲੋਂ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਪੁਲਿਸ ਨੂੰ ਉਹੀ ਐਕਟਿਵਾ ਦਿਖਾਈ ਦਿੱਤੀ, ਜਿਸ ’ਤੇ ਦੋਵੇਂ ਮੁਲਜ਼ਮ ਸਵਾਰ ਸਨ। ਪੁਲਿਸ ਨੇ ਉਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਮੁਲਜ਼ਮਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਇੱਕ ਮੁਲਜ਼ਮ ਦੀਪਕ ਸਿੰਘ ਵੱਲੋਂ ਪੁਲਿਸ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ।
ਪੁਲਿਸ ਮੁਤਾਬਕ ਇਸ ਦੌਰਾਨ ਇੱਕ ਗੋਲੀ ਪੁਲਿਸ ਮੁਲਾਜ਼ਮ ਦੀ ਛਾਤੀ ਵਿੱਚ ਲੱਗੀ, ਪਰ ਉਸ ਵੱਲੋਂ ਬੁਲੇਟ ਪਰੂਫ ਜੈਕਟ ਪਾਈ ਹੋਣ ਕਾਰਨ ਉਸਦਾ ਬਚਾਅ ਹੋ ਗਿਆ। ਇਸ ਤੋਂ ਬਾਅਦ ਪੁਲਿਸ ਵੱਲੋਂ ਜਵਾਬੀ ਕਾਰਵਾਈ ਕੀਤੀ ਗਈ, ਜਿਸ ਦੌਰਾਨ ਦੀਪਕ ਸਿੰਘ ਨੂੰ ਗੋਲੀ ਲੱਗ ਗਈ। ਪੁਲਿਸ ਵੱਲੋਂ ਉਸਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਜਾ ਰਿਹਾ ਸੀ, ਪਰ ਰਸਤੇ ਵਿੱਚ ਹੀ ਉਸਦੀ ਮੌਤ ਹੋ ਗਈ।
ਦੂਜੇ ਪਾਸੇ ਐਕਟਿਵਾ ’ਤੇ ਸਵਾਰ ਦੂਜਾ ਮੁਲਜ਼ਮ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ। ਪੁਲਿਸ ਵੱਲੋਂ ਉਸਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ ਅਤੇ ਸੰਭਾਵਿਤ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
ਮੌਕੇ ’ਤੇ ਪਹੁੰਚੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੁਲਿਸ ਮੁਤਾਬਕ ਗੁਆਂਢੀ ਮੁਲਕ ਵਿੱਚ ਬੈਠੇ ਕੁਝ ਬਦਮਾਸ਼ਾਂ ਵੱਲੋਂ ਛੋਟੀ ਉਮਰ ਦੇ ਨੌਜਵਾਨਾਂ ਨੂੰ ਪੈਸਿਆਂ ਦਾ ਲਾਲਚ ਦੇ ਕੇ ਅਪਰਾਧਿਕ ਵਾਰਦਾਤਾਂ ਲਈ ਵਰਤਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਮੁਲਾਜ਼ਮਾਂ ਨੂੰ ਨਿਸ਼ਾਨਾ ਬਣਾਉਣਾ ਵੀ ਇਸ ਸਾਜ਼ਿਸ਼ ਦਾ ਹਿੱਸਾ ਹੈ ਅਤੇ ਏ.ਐਸ.ਆਈ. ਹਰਜੀਤ ਸਿੰਘ ’ਤੇ ਹੋਇਆ ਹਮਲਾ ਵੀ ਇਸੇ ਕੜੀ ਨਾਲ ਜੋੜ ਕੇ ਜਾਂਚਿਆ ਜਾ ਰਿਹਾ ਹੈ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਫਰਾਰ ਮੁਲਜ਼ਮ ਨੂੰ ਕਾਬੂ ਕਰਨ ਲਈ ਪੁਲਿਸ ਦੀ ਕਾਰਵਾਈ ਜਾਰੀ ਹੈ।
टिप्पणियाँ
एक टिप्पणी भेजें